ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ's image
2 min read

ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ

Surjit PatarSurjit Patar
0 Bookmarks 4774 Reads1 Likes


ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ।
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ ।

ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ
ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ ।
ਆਖੋ ਏਨ੍ਹਾਂ ਨੂੰ ਉੱਜੜੇ ਘਰੀਂ ਜਾਣ ਹੁਣ
ਇਹ ਕਦੋਂ ਤੀਕ ਇਥੇ ਖੜ੍ਹੇ ਰਹਿਣਗੇ ।

ਯਾਰ ਮੇਰੇ ਜੁ ਇਸ ਆਸ 'ਤੇ ਮਰ ਗਏ
ਕਿ ਮੈਂ ਉਨ੍ਹਾਂ ਦੇ ਦੁੱਖ ਦਾ ਬਣਾਵਾਂਗਾ ਗੀਤ
ਜੇ ਮੈਂ ਚੁੱਪ ਹੀ ਰਿਹਾ ਜੇ ਮੈਂ ਕੁਝ ਨਾ ਕਿਹਾ
ਬਣਕੇ ਰੂਹਾਂ ਸਦਾ ਭਟਕਦੇ ਰਹਿਣਗੇ ।

ਜੋ ਵਿਦੇਸ਼ਾਂ 'ਚ ਰੁਲਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ਼ ਪਰਤਣਗੇ ਆਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ ।

ਕੀ ਇਹ ਇਨਸਾਫ਼ ਹਉਮੈਂ ਦੇ ਪੁੱਤ ਕਰਨਗੇ
ਕੀ ਇਹ ਖ਼ਾਮੋਸ਼ ਪੱਥਰ ਦੇ ਬੁੱਤ ਕਰਨਗੇ ।
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣਗੇ ਸੂਰਜ ਚੜ੍ਹਨ ਲਹਿਣਗੇ ।

ਇਹ ਜੁ ਰੰਗਾਂ 'ਚ ਚਿੱਤਰੇ ਨੇ ਖੁਰ ਜਾਣਗੇ
ਇਹ ਜੁ ਮਰਮਰ 'ਚ ਉੱਕਰੇ ਨੇ ਮਿਟ ਜਾਣਗੇ ।
ਬਲਦੇ ਹਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ਼ ਉਹੀ ਹਮੇਸ਼ਾ ਲਿਖੇ ਜਾਣਗੇ ।

ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ
ਕੋਈ ਦੀਵਾ ਜਗੇਗਾ ਮੇਰੀ ਕਬਰ 'ਤੇ
ਜੇ ਹਵਾ ਇਹ ਰਹੀ ਕਬਰਾਂ ਉੱਤੇ ਤਾਂ ਕੀ
ਸਭ ਘਰਾਂ 'ਚ ਵੀ ਦੀਵੇ ਬੁਝੇ ਰਹਿਣਗੇ ।

No posts

Comments

No posts

No posts

No posts

No posts